29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਤਰਨ ਤਾਰਨ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਮੁੱਖ ਮੰਤਰੀ ਭਗਵੰਤ ਮਾਨ <br/>

ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ | ਤਸਵੀਰ: ਮਨਜੀਤ ਸਿੰਘ <br/> 08-11-2025
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਤਰਨ ਤਾਰਨ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਦਰਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਭਾਰੀ ਉਤਸ਼ਾਹ ਤੋਂ ਇਹ ਸਪੱਸ਼ਟ ਦਿਖ ਰਿਹਾ ਹੈ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ 'ਆਪ' ਤਰਨ ਤਾਰਨ ਵਿਚ ਵੱਡੀ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਰਕੇ ਲੋਕ ਪਾਰਟੀ ਦੀ ਵੱਡੀ ਜਿੱਤ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਹੈ ਜਿਸ ਦੇ ਨਤੀਜੇ ਵਜੋਂ ਲੋਕ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹਨ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਦੇ ਆਗੂ ਸਿਰਫ਼ ਸਰਕਾਰ ਨੂੰ ਸਿਰਫ਼ ਬੇਵਜ੍ਹਾ ਭੰਡਣ ਦੇ ਉਦੇਸ਼ ਲਈ ਹੀ ਇਸਦੀ ਆਲੋਚਨਾ ਕਰ ਰਹੇ ਹਨ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਬੇਤੁਕੀਆਂ ਗੱਲਾਂ ਵੱਲ ਧਿਆਨ ਨਾ ਦੇ ਕੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਦੀ ਸਰਕਾਰ ਵਲੋਂ ਲਏ ਜਾ ਰਹੇ ਲੋਕ-ਪੱਖੀ ਫੈਸਲਿਆਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਉਹ ਆਪਣੇ ਨਿੱਜੀ ਸਵਾਰਥਾਂ ਖ਼ਾਤਰ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਘਿਨਾਉਣੇ ਪਾਪ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ | ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਿਰਫ਼ ਬਿਆਨ ਜਾਰੀ ਕਰਕੇ ਖੁਦ ਨੂੰ ਪਾਪਾਂ ਤੋਂ ਮੁਕਤ ਨਹੀਂ ਕਰ ਸਕਦੇ, ਕਿਉਂਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਨ੍ਹਾਂ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਸ਼ੇਖੀ ਮਾਰਨ ਦਾ ਬਹੁਤ ਸ਼ੌਕ ਹੈ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਬਹੁਤ ਵਿਕਾਸ ਹੋਇਆ ਹੈ, ਜਦੋਂ ਕਿ ਉਹ ਬਰਗਾੜੀ ਦੀ ਘਟਨਾ, ਜਿੱਥੇ ਮਾਸੂਮ ਲੋਕਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ ਜਾਂ ਨਸ਼ੇ ਦੀ ਸਮੱਸਿਆ, ਜਿਸ ਕਰਕੇ ਨੌਜਵਾਨ ਆਏ ਦਿਨ ਮਰ ਰਹੇ ਹਨ, ਬਾਰੇ ਗੱਲ ਕਰਨ ਦਾ ਜਿਗਰਾ ਨਹੀਂ ਰੱਖਦੇ, ਕਿਉਂਕਿ ਇਹ ਮੁੱਦੇ ਅਕਾਲੀਆਂ ਦੇ ਮਾੜੇ ਕੁਸ਼ਾਸਨ ਦੇ ਗਵਾਹ ਹਨ | ਉਨ੍ਹਾਂ ਨੇ ਕਿਹਾ ਕਿ ਰਿਵਾਇਤੀ ਰਾਜਨੀਤਿਕ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ, ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਪਰਿਵਾਰ ਨਾਲ ਸੰਬੰਧਿਤ ਵਿਅਕਤੀ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਉਨ੍ਹਾਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਉੱਠ ਗਿਆ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੂਰੀ ਭਰਤੀ ਪ੍ਰਕਿਰਿਆ ਲਈ ਪੁਖਤਾ ਵਿਧੀ ਅਪਣਾਈ ਗਈ ਹੈ, ਜਿਸ ਸਦਕਾ ਇਨ੍ਹਾਂ 58962 ਸਰਕਾਰੀ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਸੰਬੰਧੀ ਕਿਸੇ ਵਲੋਂ ਵੀ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਸਬੰਧੀ ਕੋਈ ਸਮੱਸਿਆ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ 'ਚ 48 ਫ਼ੀਸਦ ਦੀ ਕਮੀ ਆਈ ਹੈ ਜੋ ਦੂਜੇ ਸੂਬਿਆ ਲਈ ਵੀ ਇੱਕ ਮਿਸਾਲ ਹੈ | ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਔਰਤਾਂ ਸਮੇਤ ਵਿਸ਼ੇਸ਼ ਤੌਰ 'ਤੇ ਭਰਤੀ ਕੀਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਤੇ ਭਾਰਤ ਸਰਕਾਰ ਦੇ ਨਾਲ ਨਾਲ ਕਈ ਸੂਬਿਆਂ ਵੱਲੋਂ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ ਹੈ |

ਪਿਛਲੀ ਖ਼ਬਰ ਜ਼ਿਮਨੀ ਚੋਣ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਘਰਾਂ ਤੋਂ ਚੁੱਕੇ <br/> ਅਗਲੀ ਖ਼ਬਰ 'ਆਪ' ਦਿੱਲੀ ਦੇ ਇਸ਼ਾਰੇ 'ਤੇ ਪੰਥਕ ਸੰਸਥਾਵਾਂ ਨੂੰ ਤੋੜ ਰਹੀ ਹੈ-ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।