ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਖੁਸ਼ਹਾਲੀ ਅਤੇ ਤਰੱਕੀ ਨੂੰ ਸਿਰਫ ਤਾਂ ਸਿਰਫ ਭਾਜਪਾ ਹੀ ਲਿਆ ਸਕਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਹਰੇਕ ਵਰਗ ਨੂੰ ਬਰਾਬਰ ਸਹੂਲਤਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਉਥੇ ਪੰਜਾਬ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਰਨ ਤਾਰਨ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ | ਇਸ ਮੌਕੇ ਉਨ੍ਹਾਂ ਨਾਲ ਰਵੀਕਰਨ ਸਿੰਘ ਕਾਹਲੋ ਤੋਂ ਇਲਾਵਾ ਹੋਰ ਭਾਜਪਾ ਆਗੂ ਮੌਜੂਦ ਸਨ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਭਿ੍ਸ਼ਟਾਚਾਰ, ਨਸ਼ਾਖੋਰੀ, ਗੈਂਗਟਰਵਾਦ ਚੱਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਦੁਖੀ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੰਜਾਬ ਦੇ ਮੁੱਦਿਆਂ ਪ੍ਰਤੀ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਦੀ ਤਿਆਰੀ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਹਲਕੇ ਵਿਚੋਂ ਜੇਤੂ ਬਣਾਉਣ ਤਾਂ ਜੋ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਵੀ ਲੋਕਾਂ ਦੇ ਇਕੱਠ ਨੂੰ ਅਪੀਲ ਕੀਤੀ ਕਿ ਉਹ 11 ਨਵੰਬਰ ਨੂੰ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਅਤੇ ਉਹ ਵਾਅਦਾ ਕਰਦੇ ਹਨ ਕਿ ਉਹ ਜੇਤੂ ਹੋਣ ਤੋਂ ਬਾਅਦ ਹਲਕੇ ਦੇ ਵਿਕਾਸ ਅਤੇ ਲੋਕ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਗੇ | ਇਸ ਮੌਕੇ ਰਵੀਕਰਨ ਸਿੰਘ ਕਾਹਲੋਂ ਤੋਂ ਇਲਾਵਾ ਹੋਰ ਭਾਜਪਾ ਲੀਡਰਸ਼ਿਪ ਵੀ ਮੌਜੂਦ ਸੀ |