ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)- ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਇਕ ਸਮਝੌਤਾ ਕੀਤਾ ਗਿਆ ਸੀ ਜੋ ਕਿ ਰਾਜੀਵ-ਲੌਂਗੋਵਾਲ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਇਸ ਸਮਝੌਤੇ ਤਹਿਤ ਕੇਂਦਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰ ਦਿੱਤਾ ਜਾਵੇਗਾ, ਜਦਕਿ ਅਜੇ ਤੱਕ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪੰਜਾਬ ਹਵਾਲੇ ਨਹੀਂ ਕੀਤਾ ਗਿਆ | ਸਗੋਂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਤਿਆਰੀ ਕਰੀ ਬੈਠੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਹ ਦਾਅਵਾ ਉਸ ਵਕਤ ਕੀਤਾ, ਜਦ ਉਹ ਹਰਿਆਣਾ ਦੇ ਮੁੱਖ ਮੰਤਰੀ ਹਿਮਾਚਲ ਦੇ ਮੁੱਖ ਮੰਤਰੀ ਰਾਜਸਥਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸਮੇਤ ਫਰੀਦਾਬਾਦ ਵਿਖੇ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗਾਂ ਵਿਚ ਹਿੱਸਾ ਲੈ ਰਹੇ ਸਨ | ਔਲਖ ਨੇ ਕਿਹਾ ਕਿ 1970 ਵਿਚ ਹੋਏ ਸਮਝੌਤੇ ਤਹਿਤ ਕਿਹਾ ਗਿਆ ਸੀ ਕਿ ਚੰਡੀਗੜ੍ਹ ਦਾ ਰਾਜਧਾਨੀ ਪ੍ਰਾਜੈਕਟ ਖੇਤਰ ਸਮੁੱਚੇ ਤੌਰ 'ਤੇ ਪੰਜਾਬ ਨੂੰ ਜਾਵੇਗਾ, ਇਹ ਕੇਂਦਰ ਸਰਕਾਰ ਦੀ ਸਪੱਸ਼ਟ ਵਚਨਬੱਧਤਾ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਮੇਤ ਪ੍ਰਦੇਸ਼ ਚੰਡੀਗੜ੍ਹ ਦੇ ਕੰਮਕਾਜ ਵਿਚ ਪੰਜਾਬ ਹਰਿਆਣਾ ਤੇ ਸੇਵਾ ਕਰਮਚਾਰੀਆਂ ਦੀ ਭਰਤੀ ਵਿਚ 60.40 ਦੇ ਅਨੁਪਾਤ ਬਰਕਰਾਰ ਰੱਖਣ ਦੀ ਮੰਗ ਕਰਕੇ ਵੀ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਹੱਕਾਂ ਦਾ ਰਾਖਾ ਹੋਣ ਦਾ ਸਬੂਤ ਦਿੱਤਾ ਹੈ |