ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਔਰਤਾਂ ਸਮੇਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਕੱਚਾ ਪੱਕਾ ਵਿਖੇ ਨਵਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਬੂੜਚੰਦ ਨੇ ਸ਼ਿਕਾਇਤ ਦਰਜ ਕਰਵਾਈ ਕਿ 4 ਨਵੰਬਰ ਨੂੰ ਉਹ ਦੁਪਹਿਰ ਸਮੇਂ ਘਰ ਵਿਚ ਇਕੱਲੀ ਸੀ ਤਾਂ ਉਸ ਸਮੇਂ ਉਂਕਾਰ ਸਿੰਘ ਪੁੱਤਰ ਸੇਵਾ ਸਿੰਘ, ਰਮਨ ਕੌਰ ਪਤਨੀ ਉਂਕਾਰ ਸਿੰਘ, ਪ੍ਰੇਮ ਕੌਰ ਪਤਨੀ ਸਤਨਾਮ ਸਿੰਘ, ਸਰਬਜੀਤ ਕੌਰ ਪਤਨੀ ਸੇਵਾ ਸਿੰਘ ਵਾਸੀਅਨ ਬਲੇਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਸ ਨਾਲ ਕੁੱਟਮਾਰ ਕਰਨ ਲੱਗ ਪਏ ਅਤੇ ਉਸ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ | ਵਜ੍ਹਾ ਰੰਜਿਸ਼ ਇਹ ਹੈ ਕਿ ਰਮਨ ਕੌਰ ਨੇ ਉਸ ਦਾ ਝੂਠਾ ਨਾਮ ਲਗਾਇਆ ਸੀ ਕਿ ਉਸਨੇ ਰਮਨ ਕੌਰ ਦੀ ਮਾਂ ਨੂੰ ਫੋਨ 'ਤੇ ਗਾਲਾਂ ਕੱਢੀਆਂ ਹਨ | ਮੇਰੇ ਪਤੀ ਨੇ ਘਰ ਆ ਕੇ ਮੈਨੂੰ ਸਵਾਰੀ ਦਾ ਪ੍ਰਬੰਧ ਕਰਕੇ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ | ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |