ਫਤਿਆਬਾਦ 19 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ | ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ, ਹਲਕਾ ਖਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ | ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ | ਇਹ ਫ਼ੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਗਟਾਵਾ ਹੈ |