ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੀ ਬਲਾਕ ਸੰਮਤੀ ਖਡੂਰ ਸਾਹਿਬ ਦੇ ਜ਼ੋਨ ਖੁਵਾਸਪੁਰ ਤੋਂ ਬੀਬੀ ਹਰਜਿੰਦਰ ਕੌਰ ਹੰਸਾਂਵਾਲਾ (ਐਸ.ਸੀ. ਇਸਤਰੀ) ਨੂੰ ਸ਼੍ਰੋਮਣੀ ਅਕਾਲੀ ਦਲ ਦਾ ਅਧਿਕਾਰਤ ਉਮੀਦਵਾਰ ਐਲਾਨਿਆਗਿਆ | ਇਸ ਮੌਕੇ ਬ੍ਰਹਮਪੁਰਾ ਨੇ ਬੀਬੀ ਹਰਜਿੰਦਰ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਜਿੱਤ ਦਾ ਭਰੋਸਾ ਪ੍ਰਗਟਾਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਬੈਠੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਅਤੇ ਪੰਜਾਬ ਵਿਚ ਲੋਕਤੰਤਰ ਦਾ ਘਾਣ ਕਰ ਰਹੇ ਹਨ | ਬ੍ਰਹਮਪੁਰਾ ਨੇ ਕਿਹਾ ਕਿ 'ਆਪ' ਸਰਕਾਰ ਆਪਣੀ ਨਮੋਸ਼ੀਜਨਕ ਹਾਰ ਨੂੰ ਦੇਖਦਿਆਂ ਬੁਖਲਾਹਟ ਵਿਚ ਆ ਕੇ ਸਰਕਾਰੀ ਮਸ਼ੀਨਰੀ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ ਅਤੇ ਵਿਰੋਧੀਆਂ ਨੂੰ ਦਬਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਸੀਨੀਅਰ ਅਕਾਲੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਹਲਕਾ ਗੋਇੰਦਵਾਲ ਸਾਹਿਬ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਹੌਰੀਆ, ਪ੍ਰੇਮ ਸਿੰਘ ਸਰਪੰਚ, ਕੰਵਰਦੀਪ ਸਿੰਘ ਬ੍ਰਹਮਪੁਰਾ, ਪੁੰਨਾ ਸਿੰਘ ਹੰਸਾਂ ਵਾਲਾ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ |