ਭਿੱਖੀਵਿੰਡ, 8 ਦਸੰਬਰ (ਬੌਬੀ)-ਕੈਂਬਿ੍ਜ ਵਰਲਡ ਸਕੂਲ ਪਹੂਵਿੰਡ ਸਾਹਿਬ ਵਿਚ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਧਿਆਨ ਵਿਚ ਰੱਖਦੇ ਹੋਏ ਖੇਡ ਮੁਕਾਬਲੇ ਕਰਵਾਏ ਗਏ | ਇਸ ਸਮਾਗਮ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ, ਚੇਅਰਮੈਨ ਹਰਭਜਨ ਸਿੰਘ ਅਤੇ ਵਾਈਸ ਚੇਅਰਮੈਨ ਹਰਜੋਤਪਾਲ ਸਿੰਘ ਦੀ ਵਿਸ਼ੇਸ਼ ਹਾਜ਼ਰੀ ਰਹੀ | ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਰਾਜਬੀਰ ਕੌਰ, ਪਿ੍ੰਸੀਪਲ ਏਕਲਗੱਡਾ ਸੀਨੀਅਰ ਸੈਕੰਡਰੀ ਸਕੂਲ ਨੂੰ ਸੱਦਾ ਦਿੱਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹੋਏ ਖੇਡਾਂ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ | ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ, ਖੋ-ਖੋ, ਟੱਗ ਆਫ ਵਾਰ, ਸਾਈਕਲਿੰਗ, ਰਿਲੇਅ ਰੇਸ, 200 ਮੀਟਰ ਅਤੇ 500 ਮੀਟਰ ਦੌੜ ਕਰਵਾਈ ਗਈ | ਇਸ ਤੋਂ ਇਲਾਵਾ ਛੋਟੇ ਬੱਚਿਆਂ ਲਈ ਲੇਮਨ ਰੇਸ ਵੀ ਕਰਵਾਈ ਗਈ | ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਖੇਡਾਂ ਵਿਚ ਭਾਗ ਲਿਆ | ਇਸ ਦੌਰਾਨ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਖ਼ਾਸ ਸੰਦੇਸ਼ ਦਿੱਤਾ | ਉਨ੍ਹਾਂ ਨੇ ਕਿਹਾ ਕਿ ਖੇਡਾਂ ਨਾ ਸਿਰਫ ਸਰੀਰਕ ਤੰਦਰੁਸਤੀ ਨੂੰ ਕਾਇਮ ਰੱਖਦੀਆਂ ਹਨ, ਸਗੋਂ ਬੱਚਿਆਂ ਨੂੰ ਗ਼ਲਤ ਰਾਹਾਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਇਕ ਚੰਗਾ ਨਾਗਰਿਕ ਬਣਾਉਂਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ ਅਤੇ ਅਨੁਸ਼ਾਸਨ ਨਾਲ ਬੱਚੇ ਰਾਸ਼ਟਰੀ ਪੱਧਰ ਦੇ ਖਿਡਾਰੀ ਬਣ ਸਕਦੇ ਹਨ | ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਵਲੋਂ ਬੱਚਿਆਂ ਦੀ ਪੂਰੀ ਹੌਸਲਾ ਅਫ਼ਜ਼ਾਈ ਕੀਤੀ ਗਈ | ਖ਼ਾਸ ਤੌਰ 'ਤੇ ਸਟਾਫ ਮੈਂਬਰ ਰਜਿੰਦਰ ਸਿੰਘ ਸਮੇਤ ਹੋਰ ਅਧਿਆਪਕਾਂ ਦਾ ਯੋਗਦਾਨ ਸਰਾਹਣਾਯੋਗ ਰਿਹਾ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਨ ਵਲੋਂ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |