ਲੁਧਿਆਣਾ, 15 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਮੁਹੰਮਦ ਰਜੀਤ ਵਾਸੀ ਨਿਊ ਹੀਰਾ ਨਗਰ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਕੰਮ 'ਤੇ ਗਏ ਸਨ ਕਿ ਉਕਤ ਕਥਿਤ ਦੋਸ਼ੀ, ਜੋ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦਾ ਹੈ, ਕਮਰੇ ਵਿਚ ਆਇਆ ਤਾਂ ਕਥਿਤ ਦੋਸ਼ੀ ਉਸ ਦੀ ਲੜਕੀ ਨੂੰ ਜ਼ਬਰਦਸਤੀ ਆਪਣੇ ਕਮਰੇ ਵਿਚ ਲੈ ਗਿਆ, ਜਿੱਥੇ ਕਿ ਉਸ ਨੇ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ 'ਤੇ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਿਆ | ਜਦੋਂ ਉਹ ਘਰ ਆਈ ਤਾਂ ਲੜਕੀ ਨੇ ਇਸ ਬਾਰੇ ਆਪਣੀ ਮਾਂ ਨੂੰ ਦੱਸਿਆ ਤਾਂ ਮਾਂ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਹੰਮਦ ਰਜਤ ਨੂੰ ਹਿਰਾਸਤ 'ਚ ਲੈ ਲਿਆ ਗਿਆ | ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |