ਲੁਧਿਆਣਾ, 15 ਜੁਲਾਈ (ਜਗਮੀਤ ਸਿੰਘ)-ਸ਼ਹਿਰ 'ਚ ਬਣਨ ਵਾਲੀਆਂ ਗੈਰ ਕਾਨੰੂਨੀ ਉਸਾਰੀਆਂ ਨੂੰ ਆਪਣੀ ਤਾਇਨਾਤੀ ਦੌਰਾਨ ਰੋਕਣ 'ਚ ਅਸਫਲ ਰਹਿਣ ਦੇ ਚਲਦੇ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਦੇ ਇੰਸਪੈਕਟਰ ਕੁਲਜੀਤ ਸਿੰਘ ਮਾਂਗਟ ਨੂੰ ਮੁਅੱਤਲ ਕੀਤਾ ਗਿਆ ਹੈ | ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਦਫ਼ਤਰ ਵਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਦੇ ਆਧਾਰ 'ਤੇ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ | ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਇਮਾਰਤੀ ਸ਼ਾਖਾ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਨਹੀਂ ਤਾਂ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਇਮਾਰਤੀ ਸ਼ਾਖਾ ਇੰਸਪੈਕਟਰ ਕੁਲਜੀਤ ਮਾਂਗਟ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਵਿਚ ਅਸਫਲ ਰਹੇ, ਜਿਸ ਕਾਰਨ ਡਿਊਟੀ ਵਿਚ ਅਣਗਹਿਲੀ ਦੇ ਚੱਲਦੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ | ਇਸ ਦੌਰਾਨ ਨਿਗਮ ਕਮਿਸ਼ਨਰ ਡੇਚਲਵਾਲ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਇਮਾਰਤਾਂ ਬਣਾਉਣ, ਨਹੀਂ ਤਾਂ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |