19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਰਸਾਤੀ ਮੌਸਮ ਵਿਚ ਮੱਛਰਾਂ ਰਾਹੀਂ ਫੈਲਦੀਆਂ ਬਿਮਾਰੀਆਂ ਤੋਂ ਲੋਕ ਰਹਿਣ ਸਾਵਧਾਨ-ਡਾ. ਰਮਨਦੀਪ ਕੌਰ <br/>

ਅਜੀਤ ਡੈਸਕ 16-07-2025
ਲੁਧਿਆਣਾ, 15 ਜੁਲਾਈ (ਡਾ. ਤਰਲੋਚਨ ਸਿੰਘ)-ਮੌਨਸੂਨ ਦੇ ਮੌਸਮ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆ, ਟਾਈਫਾਇਡ, ਹੈਜ਼ਾ ਅਤੇ ਹੈਪੇਟਾਈਟਸ ਵਰਗੀਆਂ ਬਿਮਾਰੀਆਂ ਦੇ ਮਾਮਲੇ ਵਧਣ ਦੀ ਸੰਭਾਵਨਾ ਬਣੀ ਰਹਿੰਦੀ ਹੈ | ਬਰਸਾਤੀ ਮੌਸਮ ਵਿਚ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਮੌਸਮ ਵਿਚ ਹਰ ਨਾਗਰਿਕ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਰਹਿਣ ਦੀ ਲੋੜ ਹੁੰਦੀ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਆਮ ਲੋਕਾਂ ਅਤੇ ਸਕੂਲਾਂ, ਕਾਲਜਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਤਾਂ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਆਦਿ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਹਨ ਅਤੇ ਹੈਪੇਟਾਈਟਸ-ਏ ਅਤੇ ਈ, ਹੈਜ਼ਾ, ਟਾਈਫਾਈਡ ਆਦਿ ਦੂਸ਼ਿਤ ਪਾਣੀ ਅਤੇ ਦੂਸ਼ਿਤ ਖਾਣੇ ਰਾਹੀ ਹੁੰਦੀਆਂ ਹਨ | ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ | ਬਰਸਾਤੀ ਮੌਸਮ ਵਿਚ ਫਿਲਟਰ ਕੀਤਾ ਹੋਇਆ ਜਾਂ ਉਬਲਿਆ ਹੋਇਆ ਪਾਣੀ ਹੀ ਪੀਣ ਲਈ ਵਰਤਿਆ ਜਾਵੇ | ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਉਣ ਵਾਲੀਆਂ ਕ੍ਰੀਮਾਂ ਅਤੇ ਉਪਕਰਨਾਂ ਆਦਿ ਦਾ ਇਸਤੇਮਾਲ ਕੀਤਾ ਜਾਵੇ | ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ | ਸੜਕਾਂ 'ਤੇ ਮਿਲਣ ਵਾਲੇ ਖਾਣੇ ਅਤੇ ਬਾਸੀ ਭੋਜਨ ਤੋਂ ਬਚਿਆ ਜਾਵੇ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਬੁਖਾਰ, ਉਲਟੀ, ਦਸਤ ਜਾਂ ਹੋਰ ਕੋਈ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿਚ ਸੰਪਰਕ ਕੀਤਾ ਜਾਵੇ | ਇਸ ਸਬੰਧ ਵਿਚ ਅੱਜ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਮਾਡਲ ਟਾਊਨ ਵਿਖੇ ਵਿਦਿਆਰਥੀਆਂ ਨੂੰ ਉਪਰੋਕਤ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਵਿਸ਼ਵਕੀਰਤ ਕੌਰ ਕਾਹਲੋਂ ਅਤੇ ਅਧਿਆਪਕ ਸੁਪਰਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ <br/> ਅਗਲੀ ਖ਼ਬਰ ਡੇਂਗੂ ਬੁਖ਼ਾਰ ਤੋਂ ਬਚਣ ਲਈ ਘਰਾਂ ਦੇ ਆਸ ਪਾਸ ਪਾਣੀ ਖੜ੍ਹਾ ਨਾ ਹੋਣ ਦਿਓ-ਡਾ. ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।