ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੈੱਬ ਰਿਪੋਰਟਰ ਨੂੰ ਬਲੈਕਮੇਲ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਿਪੋਰਟ ਸੁਸ਼ੀਲ ਮਚਾਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਭਾਜਪਾ ਆਗੂ ਗੁਰਵੀਰ ਸਿੰਘ ਗਰਚਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਗੁਰਵੀਰ ਸਿੰਘ ਗਰਚਾ ਉਸਦਾ ਦੋਸਤ ਹੈ ਅਤੇ ਕੁੱਝ ਸਮਾਂ ਪਹਿਲਾਂ ਉਹ ਉਸਦੇ ਫਾਰਮ ਹਾਊਸ ਵਿਚ ਗਿਆ, ਜਿੱਥੇ ਕਿ ਗਰਚਾ ਵਲੋਂ ਹਵਾ ਵਿਚ ਗੋਲੀਆਂ ਚਲਾਈਆਂ ਗਈਆਂ ਅਤੇ ਉਸ ਨੰੂ ਵੀ ਅਜਿਹਾ ਕਰਨ ਲਈ ਮਜਬੂਰ ਕੀਤਾ | ਉਸ ਦੱਸਿਆ ਕਿ ਇਸ ਦੌਰਾਨ ਗਰਚਾ ਨੇ ਉਸਦੀ ਵੀਡੀਓ ਬਣਾ ਲਈ | ਉਸ ਦੱਸਿਆ ਕਿ ਗਰਚਾ ਨੇ ਉਸ ਨੂੰ ਦੱਸਿਆ ਕਿ ਉਸ ਪਾਸ ਦੋ ਉਚ ਮਹਿਲਾ ਪੁਲਿਸ ਅਧਿਕਾਰੀ ਦੀਆਂ ਅਸ਼ਲੀਲ ਵੀਡੀਓ ਹਨ | ਮਚਾਨ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਇਹ ਵੀਡੀਓ ਉਸ ਨੰੂ ਆਪਣੇ ਚੈਨਲ 'ਤੇ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਸੀ, ਪਰ ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਗਰਚਾ ਵਲੋਂ ਉਸਦੀ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦਿੱਤੀਆਂ | ਮਚਾਨ ਨੇ ਦੱਸਿਆ ਕਿ ਉਸ ਵਲੋਂ ਇਹ ਸਾਰਾ ਮਾਮਲਾ ਪੁਲਿਸ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਦਿੱਤੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ, ਜਦਕਿ ਦੂਜੇ ਪਾਸੇ ਭਾਜਪਾ ਦੇ ਸਥਾਨਕ ਆਗੂਆਂ ਵਲੋਂ ਇਹ ਸਾਰਾ ਮਾਮਲਾ ਹਾਈ ਕਮਾਨ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ |