ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲਵੇ ਲਾਈਨ ਨੇੜੇ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਇੰਸਪੈਕਟਰ ਹਰਸ਼ਜੋਤ ਕੌਰ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਜਤ ਵਜੋਂ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਜੱਸੀਆਂ ਨੇੜੇ ਰਹਿੰਦੀ ਇਕ ਔਰਤ ਨੇ ਰੇਲਵੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਪਿਛਲੇ ਮਹੀਨੇ ਛੇ ਜੂਨ ਨੂੰ ਕਥਿਤ ਦੋਸ਼ੀ ਉਸਦੀ 12 ਸਾਲ ਦੀ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਮੋਟਰਸਾਈਕਲ 'ਤੇ ਬਿਠਾ ਕੇ ਰੇਲਵੇ ਲਾਈਨ ਨੇੜੇ ਲੈ ਗਿਆ ਸੀ, ਜਿੱਥੇ ਕਿ ਕਥਿਤ ਦੋਸ਼ੀ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ | ਲੜਕੀ ਨੇ ਜਦੋਂ ਘਰ ਆ ਕੇ ਆਪਣੀ ਮਾਂ ਨੂੰ ਦੱਸਿਆ ਤਾਂ ਉਸਨੇ ਪੁਲਿਸ ਪਾਸ ਸ਼ਿਕਾਇਤ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਉੱਥੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਸਹਾਇਤਾ ਨਾਲ ਕਥਿਤ ਦੋਸ਼ੀ ਦੀ ਸ਼ਨਾਖਤ ਕੀਤੀ ਗਈ ਅਤੇ ਹੁਣ ਉਸ ਨੂੰ ਕਾਬੂ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਰਜਤ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਇੰਸਪੈਕਟਰ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਣਗੇ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |