ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਜੇਲ੍ਹ 'ਚ ਬੰਦ ਗੈਂਗਸਟਰ ਵਲੋਂ ਕਾਰੋਬਾਰੀ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਬਸੰਤ ਐਵਨਿਊ ਦੇ ਰਹਿਣ ਵਾਲੇ ਗਗਨਦੀਪ ਸਿੰਘ ਪੁੱਤਰ ਇੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਪੁੱਤਰ ਜਗਮੋਹਨ ਸਿੰਘ ਵਾਸੀ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚੂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਜੇਲ੍ਹ ਵਿਚ ਬੰਦ ਹੈ ਅਤੇ ਕੁੱਝ ਸਮਾਂ ਪਹਿਲਾਂ ਉਸ ਦਾ ਗੌਰੂ ਬੱਚਾ ਨਾਲ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਲਈ ਉਹ ਵਿਆਜ ਵੀ ਅਦਾ ਕਰਦਾ ਰਿਹਾ ਹੈ | ਜੇਲ੍ਹ ਜਾਣ ਤੋਂ ਬਾਅਦ ਕਥਿਤ ਦੋਸ਼ੀ ਦੇ ਬੰਦੇ ਉਸ ਪਾਸੋਂ ਇਹ ਰਕਮ ਲੈ ਕੇ ਜਾਂਦੇ ਸਨ | ਰਕਮ ਨੂੰ ਲੈ ਕੇ ਉਸਦਾ ਗੌਰੂ ਬੱਚਾ ਦੇ ਬੰਦਿਆਂ ਨਾਲ ਵਿਵਾਦ ਹੋ ਗਿਆ ਅਤੇ ਹੁਣ ਗੌਰੂ ਬੱਚਾ ਉਸ ਨੰੂ ਜੇਲ੍ਹ ਵਿਚੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਹੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |