ਲੁਧਿਆਣਾ, 15 ਜੁਲਾਈ (ਡਾ. ਤਰਲੋਚਨ ਸਿੰਘ)-ਪਰਵਾਸੀ ਸਾਹਿੱਤ ਅਧਿਐਨ ਕੇਂਦਰ, ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵਲੋਂ ਤ੍ਰੈ-ਮਾਸਿਕ ਪੱਤਿ੍ਕਾ ਪਰਵਾਸ ਦਾ 44ਵਾਂ ਜੁਲਾਈ-ਸਤੰਬਰ 2025 ਅੰਕ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਅਮਰੀਕਾ ਵੱਸਦੇ ਪੰਜਾਬੀ ਲੇਖਕ ਨਕਸ਼ਦੀਪ ਪੰਜਕੋਹਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ.ਪ. ਸਿੰਘ ਪ੍ਰਧਾਨ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਲੇਖਕ ਨਕਸ਼ਦੀਪ ਪੰਜਕੋਹਾ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਇਆ | ਨਕਸ਼ਦੀਪ ਪੰਜਕੋਹਾ ਨੇ ਇਸ ਸਮੇਂ ਸਰੋਤਿਆਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਉਹ ਪਹਿਲਾਂ ਅੰਗਰੇਜ਼ੀ ਵਿਚ ਸਾਹਿੱਤ ਲਿਖਦੇ ਸਨ ਪਰ ਫਿਰ ਲੇਖਕ ਤੇ ਫ਼ਿਲਮੀ ਅਦਾਕਾਰ ਬਲਰਾਜ ਸਾਹਨੀ ਦੀ ਪ੍ਰੇਰਨਾ ਨਾਲ ਉਨ੍ਹਾਂ ਨੇ ਮਾਂ ਬੋਲੀ ਵਿਚ ਲਿਖਣਾ ਸ਼ੁਰੂ ਕੀਤਾ | ਪ੍ਰੋ. ਸ਼ਰਨਜੀਤ ਕੌਰ ਨੇ ਪਰਵਾਸ ਦੇ 44ਵੇਂ ਅੰਕ ਬਾਰੇ ਦੱਸਿਆ ਕਿ ਪੰਜਾਬੀ ਸਾਹਿੱਤ ਦੀ ਲੇਖਿਕਾ ਬਲਬੀਰ ਕੌਰ ਸੰਘੇੜਾ ਨੂੰ ਇਸ ਅੰਕ ਵਿਚ ਵਿਸ਼ੇਸ਼ ਲੇਖਿਕਾ ਵਜੋਂ ਪ੍ਰਕਾਸ਼ਿਤ ਕੀਤਾ ਹੈ | ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਨੇ ਰਸਮੀ ਤੌਰ 'ਤੇ ਸਾਰਿਆਂ ਦਾ ਧੰਨਵਾਦ ਕਰਦਿਆਂ ਪੰਜਾਬੀ ਵਿਭਾਗ ਅਤੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਨੂੰ ਇਸ ਅੰਕ ਦੇ ਲੋਕ ਅਰਪਣ ਦੀ ਵਧਾਈ ਦਿੱਤੀ | ਇਸ ਮੌਕੇ ਹਰਸ਼ਰਨ ਸਿੰਘ ਨਰੂਲਾ, ਹਰਦੀਪ ਸਿੰਘ, ਪ੍ਰੋ. ਮਨਜੀਤ ਸਿੰਘ ਛਾਬੜਾ, ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ, ਡਾ. ਗੁਰਚਰਨ ਕੌਰ ਕੋਚਰ, ਪ੍ਰੋ. ਰਜਿੰਦਰ ਕੌਰ ਮਲਹੋਤਰਾ, ਡਾ. ਦਲੀਪ ਸਿੰਘ, ਡਾ. ਸੁਸ਼ਮਿੰਦਰਜੀਤ ਕੌਰ, ਡਾ. ਅਰਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ, ਪ੍ਰੋ. ਮਨਜੀਤ ਸਿੰਘ ਬਟਾਲਵੀ ਤੇ ਰਾਜਿੰਦਰ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ | ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਵਲੋਂ ਕੀਤਾ ਗਿਆ |