ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-'ਆਪ' ਆਗੂ ਦੇ ਦੋਸਤ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੌਂਸਲਰ ਪਤੀ ਅਤੇ 'ਆਪ' ਆਗੂ ਗੁਰਕਰਨ ਸਿੰਘ ਟੀਨਾ ਪੁੱਤਰ ਗੁਰਦੇਵ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਦਿਲਜੀਤ ਸਿੰਘ, ਸਰਬਜੀਤ ਸਿੰਘ ਵਾਸੀ ਪਿੰਡ ਨਿਰਾਲਾ ਅਤੇ ਜੈ ਜਗਤ ਜੋਸ਼ੀ ਪੁੱਤਰ ਸੁਰਿੰਦਰ ਕੁਮਾਰ ਜੋਸ਼ੀ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਲੰਧਰ ਜ਼ਿਲੇ੍ਹ ਦਾ ਰਹਿਣ ਵਾਲਾ ਆਕਾਸ਼ਵੀਰ ਕੰਗ ਉਸਦਾ ਦੋਸਤ ਹੈ ਅਤੇ ਉਹ ਅਤੇ ਉਸਦਾ ਪਰਿਵਾਰ ਅਮਰੀਕਾ ਜਾਣ ਦਾ ਇੱਛੁਕ ਸੀ | ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ ਅਤੇ ਦੋਸ਼ੀਆਂ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 1 ਕਰੋੜ 40 ਲੱਖ ਰੁਪਏ ਲੈ ਲਏ, ਪਰ ਨਾ ਤਾਂ ਉਸ ਨੰੂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ 'ਤੇ 'ਆਪ' ਆਗੂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |