ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਕਟਰ ਅੰਬੇਦਕਰ ਨਗਰ ਵਿਚ ਬੀਤੇ ਦਿਨ ਸ਼ੱਕੀ ਹਾਲਾਤਾਂ ਵਿਚ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ 17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਸਿਕੰਦਰ ਕੁਮਾਰ ਦੇ ਭਰਾ ਹਨੀ ਬਟਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸੰਜੇ, ਵਿਜੇ ਕੁਮਾਰ, ਸ਼ੇਖਰ, ਜੋਨੀ, ਟੀਨੂੰ, ਕਾਕਾ, ਮਨੀ ਅਤੇ 10 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸਦੇ ਭਰਾ ਦੀ 17 ਜੁਲਾਈ ਨੂੰ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ | ਉਸ ਦੱਸਿਆ ਕਿ ਕੁੱਟਮਾਰ ਤੋਂ ਬਾਅਦ ਲਗਾਤਾਰ ਉਸਦੇ ਭਰਾ ਦੀ ਹਾਲਤ ਵਿਗੜਦੀ ਗਈ ਅਤੇ 17 ਜੁਲਾਈ ਨੂੰ ਉਸਦੇ ਭਰਾ ਦੀ ਮੌਤ ਹੋ ਗਈ | ਉਸ ਦੱਸਿਆ ਕਿ ਉਸਦੇ ਭਰਾ ਦੀ ਮੌਤ ਦਾ ਕਾਰਨ ਉਕਤ ਕਥਿਤ ਦੋਸ਼ੀਆਂ ਵਲੋਂ ਕੀਤੀ ਕੁੱਟਮਾਰ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |