ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ ਅੱਠ ਵਿਚ ਚੋਰ ਇਕ ਫ਼ੈਕਟਰੀ ਵਿਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਲਫਾ ਵਿਕਟਰ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਮੈਨੇਜਰ ਪਰਮਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਫ਼ੈਕਟਰੀ ਦੀ ਦੀਵਾਰ ਤੋੜ ਕੇ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਲੋਹਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹਾਲ ਦੀ ਘੜੀ ਪੁਲਿਸ ਨੂੰ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |