ਲੁਧਿਆਣਾ, 19 ਜੁਲਾਈ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਕਿਸਾਨ ਕਮੇਟੀ ਅਤੇ ਫਲ ਸਬਜ਼ੀ ਉਤਪਾਦਕਾਂ ਦੀ ਮੀਟਿੰਗ ਹੋਈ, ਜਿਸ ਵਿਚ ਉਚ ਅਧਿਕਾਰੀਆਂ ਤੋਂ ਬਿਨਾਂ ਫਲ ਅਤੇ ਸਬਜ਼ੀ ਮਾਹਿਰਾਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਲਈ ਚਰਚਾ ਕੀਤੀ ਗਈ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਅਜੋਕਾ ਦੌਰ ਰਵਾਇਤੀ ਫ਼ਸਲੀ ਚੱਕਰ ਦੇ ਨਾਲ ਹੀ ਮੰਡੀ ਦੀਆਂ ਲੋੜਾਂ ਮੁਤਾਬਿਕ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਦਾ ਹੈ | ਉਨ੍ਹਾਂ ਇਸ ਕਾਰਜ ਲਈ ਪੀ.ਏ.ਯੂ. ਦੀਆਂ ਕਿਸਮਾਂ ਅਤੇ ਕਾਸ਼ਤ ਤਕਨੀਕਾਂ ਵੱਲ ਵਿਸ਼ੇਸ਼ ਧਿਆਨ ਦਿਵਾਇਆ | ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਡਰੈਗਨ ਫਰੂਟ ਅਤੇ ਅਮਰੂਦਾਂ ਤੋਂ ਬਿਨਾਂ ਕਿੰਨੂ ਦੀਆਂ ਕਿਸਮਾਂ ਬਾਰੇ ਦੱਸਿਆ | ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ.ਪੀ.ਐਸ. ਸੋਢੀ ਨੇ ਪੜ੍ਹੀ | ਕਿਸਾਨਾਂ ਵਲੋਂ ਪੇਸ਼ ਸਮੱਸਿਆਵਾਂ ਅਤੇ ਸਵਾਲਾਂ ਨੂੰ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੇਸ਼ ਕੀਤਾ |