ਢੰਡਾਰੀ ਕਲਾਂ/ਲੁਧਿਆਣਾ, 20 ਜੁਲਾਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ਅਧੀਨ ਸਤਿਗੁਰੂ ਨਗਰ ਦੀ ਗਲੀ ਨੰਬਰ 5, 6 ਵਿਚ ਟਾਈਲਾਂ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਵਿਧਾਇਕਾ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ | ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ, ਬਰਸਾਤ ਦੇ ਮੌਸਮ ਵਿਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ, ਉਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ | ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਵਿਧਾਇਕਾ ਛੀਨਾ ਨੇ ਕਿਹਾ ਕਿ ਹਲਕਾ ਦੱਖਣੀ ਦੇ ਵਾਸੀਆਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |