15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਦੀਪ ਕੌਰ ਵਾਸੀ ਈਸ਼ਰ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਉਸ ਦੇ ਪਤੀ ਵਰਿੰਦਰ ਕੁਮਾਰ, ਨਨਾਣ ਮੋਨਿਕਾ ਅਤੇ ਰਜਨੀ ਵਾਸੀ ਕੈਲਾਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਪਹਿਲਾਂ ਘਰ ਵਿਚ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ | ਪਿਛਲੇ ਕਾਫ਼ੀ ਸਮੇਂ ਤੋਂ ਉਹ ਆਪਣੇ ਪੇਕੇ ਘਰ ਰਹਿ ਰਹੀ ਹੈ | ਉਸ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਈਸ਼ਰ ਨਗਰ ਪੁਲੀ ਨੇੜੇ ਜਾ ਰਹੀ ਸੀ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਕਥਿਤ ਦੋਸ਼ੀਆਂ ਵਲੋਂ ਉਸ ਦਾ ਮੋਬਾਈਲ ਵੀ ਖੋਹ ਲਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਜਗਜੀਤ ਸਿੰਘ ਗਿੱਲ ਵਾਸੀ ਬਾੜੇਵਾਲ ਦੀ ਸ਼ਿਕਾਇਤ 'ਤੇ ਗੁਰਦੀਪ ਸਿੰਘ ਵਾਸੀ ਥਰੀਕੇ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਸ਼ਿਕਾਇਤਕਰਤਾ ਵਲੋਂ ਗਲੀ ਦਾ ਗੇਟ ਬੰਦ ਕਰਨਾ ਦੱਸਿਆ ਜਾ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਹਰਕੀਰਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕੋਟਕਪੁਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਮਿੰਨੀ ਸਕੱਤਰੇਤ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਫੋਕਲ ਪੁਆਇੰਟ ਤੋਂ ਚੋਰਾਂ ਵਲੋਂ ਸ਼ਿਵਮ ਮਿਸ਼ਰਾ ਦਾ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੁਨੀਤ ਸਾਹਨੀ ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਮੀਡੀਆ ਇੰਚਾਰਜ ਨਿਯੁਕਤ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।