24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੰਬੰਧੀ ਵਿਵਾਦ ਟਰੱਸਟੀ ਨੂੰ ਧਮਕੀ ਦੇਣ ਦੇ ਦੋਸ਼ ਤਹਿਤ ਪ੍ਰਧਾਨ ਦੇ ਪੁੱਤਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਵਿਚਾਲੇ ਚੱਲ ਰਹੇ ਵਿਵਾਦ ਵਿਚ ਟਰੱਸਟੀ ਨੂੰ ਧਮਕੀ ਦੇਣ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਧਾਨ ਦੇ ਦੋ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਰੱਸਟੀ ਨਵਪ੍ਰੀਤ ਸਿੰਘ ਬਿੰਦਰਾ ਦੀ ਮਾਤਾ ਸੁਰਜੀਤ ਕੌਰ ਬਿੰਦਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪ੍ਰਧਾਨ ਦੇ ਪੁੱਤਰਾਂ ਸੁਖਵਿੰਦਰ ਪਾਲ ਸਿੰਘ ਅਤੇ ਸਿਮਰਨ ਪਾਲ ਸਿੰਘ ਵਾਸੀ ਮਾਡਲ ਟਾਊਨ ਦੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਨੂੰ ਹਥਿਆਰ ਦਿਖਾ ਕੇ ਉਸ ਨੂੰ ਧਮਕੀਆਂ ਦਿੱਤੀਆਂ, ਜਿਸ ਨਾਲ ਉਸ ਦੇ ਪਰਿਵਾਰ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ | ਇਸ ਤੋਂ ਪਹਿਲਾਂ ਪ੍ਰਧਾਨ ਦੀ ਸ਼ਿਕਾਇਤ 'ਤੇ ਨਵਪ੍ਰੀਤ ਸਿੰਘ ਬਿੰਦਰਾ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਪੱਥਰ ਚੋਰੀ ਦੀ ਕੋਸ਼ਿਸ਼ ਦੇ ਮਾਮਲੇ ਵਿਚ ਬੀਤੇ ਦਿਨ ਹੀ ਕੇਸ ਦਰਜ ਕੀਤਾ ਸੀ | ਇਹਨਾਂ ਦੋਵਾਂ ਮਾਮਲਿਆਂ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਦੋਵਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਵਾਦ ਮੰਦਭਾਗਾ ਹੈ ਅਤੇ ਉਨ੍ਹਾਂ ਵਲੋਂ ਇਸ ਸਬੰਧੀ ਜਲਦੀ ਹੀ ਟਰੱਸਟ ਦੇ ਟਰੱਸਟੀਆਂ ਦੀ ਮੀਟਿੰਗ ਬੁਲਾਈ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਆਰ. ਟੀ. ਆਈ. ਐਕਟੀਵਿਸਟ ਗਾਬੜੀਆ ਅਤੇ ਪਟਵਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜ਼ਮੀਨ ਬਚਾਓ ਸੰਘਰਸ਼ ਕਮੇਟੀ ਵਲੋਂ ਗਲਾਡਾ ਦਫ਼ਤਰ ਅੱਗੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।