ਲੁਧਿਆਣਾ, 21 ਜੁਲਾਈ (ਡਾ. ਤਰਲੋਚਨ ਸਿੰਘ)-ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਵਾਰਡ ਨੰਬਰ 75 ਦੇ ਉੱਚਾ ਟਿੱਬਾ ਇਲਾਕੇ ਵਿਖੇ ਇਕ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਇਹ ਇਲਾਕੇ ਵਿਚ ਲਗਭਗ 5.61 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ ਦਾ ਟਿਊਬਵੈੱਲ ਲਗਾਇਆ ਗਿਆ ਹੈ | ਇਲਾਕਾ ਕੌਂਸਲਰ ਸਿਮਰਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਬਾਬਾ ਦੇ ਨਾਲ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਨਾਲ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ | ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ |