ਲੁਧਿਆਣਾ, 21 ਜੁਲਾਈ (ਡਾ. ਤਰਲੋਚਨ ਸਿੰਘ)-ਪਿਛਲੇ ਦਿਨਾਂ ਦੌਰਾਨ ਕੋਰੋਨਾ ਦੇ ਲਗਾਤਾਰ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਪਰ ਬੀਤੇ ਦਿਨਾਂ ਦੌਰਾਨ ਕੋਈ ਨਵਾਂ ਮਾਮਲਾ ਸਾਹਮਣੇ ਨਾ ਆਉਣ ਕਾਰਨ ਲੋਕਾਂ ਅੰਦਰ ਕੁੱਝ ਦਹਿਸ਼ਤ ਘਟੀ ਹੈ | ਉਥੇ ਹੀ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ 21 ਜੁਲਾਈ ਨੂੰ ਕੋਰੋਨਾ ਦਾ ਕੋਈ ਹੋਰ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ | ਜ਼ਿਲ੍ਹਾ ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੁੱਲ 108 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 101 ਵਿਅਕਤੀਆਂ ਦਾ ਹੋਮ ਆਈਸੋਲੇਟ ਕੰਪਲੀਟ ਹੋ ਚੁੱਕਾ ਹੈ | 4 ਮਾਮਲੇ ਐਕਟਿਵ ਹਨ , ਜਿਨ੍ਹਾਂ ਵਿਚੋਂ 4 ਨੂੰ ਘਰਾਂ ਵਿਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ | ਹੁਣ ਤੱਕ ਕੋਰੋਨਾ ਤੋਂ ਪੀੜਤ 3 ਵਿਅਕਤੀ ਦਮ ਤੋੜ ਚੁੱਕੇ ਹਨ | ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭੀੜ ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ, ਜੇਕਰ ਕਿਸੇ ਜ਼ਰੂਰੀ ਕੰਮ ਜਾਣਾ ਪਵੇ ਤਾਂ ਮਾਸਕ ਜ਼ਰੂਰ ਲਗਾਉਣ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਜ਼ੁਕਾਮ ਜਾਂ ਬੁਖ਼ਾਰ ਜ਼ਿਆਦਾ ਦਿਨ ਤੱਕ ਰਹਿੰਦਾ ਹੈ ਤਾਂ ਉਸ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾਕੇ ਜਾਂਚ ਕਰਵਾ ਕੇ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ |