ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਦੇ ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.) ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ | ਉਨ੍ਹਾਂ ਵਲੋਂ ਮੇਘਵਾਲ ਨੂੰ 13 ਸਤੰਬਰ ਨੂੰ ਸ਼੍ਰੀ ਅੰਮਿ੍ਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਰਾਸ਼ਟਰੀ ਪੱਧਰ ਦੀ ਨਸ਼ਾ-ਮੁਕਤ ਜਾਗਰੂਕਤਾ ਮੁਹਿੰਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੰਜਾਬ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ | ਬਿੰਦਰਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਸ਼ੁਰੂ ਕੀਤੀ ਹੈ | ਹੁਣ ਤੱਕ 5 ਕਰੋੜ ਤੋਂ ਵੱਧ ਨੌਜਵਾਨ ਇਸ ਮੁਹਿੰਮ ਵਿਚ ਸ਼ਾਮਿਲ ਹੋ ਚੁੱਕੇ ਹਨ | ਮੁਹਿੰਮ ਦਾ ਉਦੇਸ਼ ਦੇਸ਼ ਵਿਚ ਨਸ਼ਿਆਂ ਦੀ ਦੁਰਵਰਤੋਂ ਨੂੰ ਘਟਾਉਣਾ ਅਤੇ ਲੋਕਾਂ ਨੂੰ ਇਸ ਦੇ ਖ਼ਤਰਿਆਂ ਤੋਂ ਜਾਣੂ ਕਰਵਾਉਣਾ ਹੈ |