ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਲਜਾਂ ਤੇ ਸਕੂਲਾਂ ਬਾਹਰ ਵਿਦਿਆਰਥਣਾਂ ਨਾਲ ਛੇੜਖਾਨੀ ਕਰਨ ਵਾਲੇ ਮਨਚਲੇ ਨੌਜਵਾਨਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ | ਅੱਜ ਪੁਲਿਸ ਵੱਲੋਂ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ ਅਤੇ ਇਸ ਸਾਰੀ ਕਾਰਵਾਈ ਦੀ ਨਿਗਰਾਨੀ ਉੱਚ ਪੁਲਿਸ ਅਧਿਕਾਰੀ ਕਰ ਰਹੇ ਸਨ | ਪੁਲਿਸ ਵੱਲੋਂ ਇਸ ਦੌਰਾਨ 104 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਅਤੇ ਸੱਤ ਵਾਹਨ ਕਬਜ਼ੇ ਵਿਚ ਲਏ ਗਏ ਹਨ | ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਕਾਲਜਾਂ ਅਤੇ ਸਕੂਲਾਂ ਦੇ ਬਾਹਰ ਮਨਚਲੇ ਨੌਜਵਾਨਾਂ ਵੱਲੋਂ ਵਿਦਿਆਰਥੀ ਨਾਲ ਛੇੜਖਾਨੀ ਕੀਤੀ ਜਾਂਦੀ ਸੀ ਅਤੇ ਇਹ ਗੁੰਡਾਗਰਦੀ ਦਿਨ ਬ ਦਿਨ ਵੱਧ ਰਹੀ ਸੀ, ਜਿਸ ਕਾਰਨ ਅੱਜ ਪੁਲਿਸ ਹਰਕਤ ਵਿਚ ਆਈ ਅਤੇ ਪੁਲਿਸ ਵੱਲੋਂ ਇਹਨਾਂ ਖਿਲਾਫ ਕਾਰਵਾਈ ਆਰੰਭੀ ਗਈ | ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਅਜਿਹੇ ਮਨਚਲੇ ਨੌਜਵਾਨਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਸਕੇ |