ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਦੀਪ ਸਿੰਘ ਵਾਸੀ ਰਾਹੋਂ ਰੋਡ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਬੀਤੀ ਰਾਤ ਪਿੰਡ ਸੀੜਾ ਨੇੜੇ ਜਾ ਰਿਹਾ ਸੀ ਕਿ ਪੁਲਿਸ ਵੱਲੋਂ ਲਗਾਏ ਗਏ ਨਾਕੇ 'ਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਉਥੋਂ ਭੱਜ ਪਿਆ | ਪੁਲਿਸ ਵੱਲੋਂ ਪਿੱਛਾ ਕਰਨ ਤੇ ਉਸ ਨੂੰ ਕਾਬੂ ਕਰ ਲਿਆ ਤੇ ਉਸਦੇ ਕਬਜ਼ੇ ਵਿੱਚੋਂ ਇਹ ਪਿਸਤੌਲ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕਥਿਤ ਦੋਸ਼ੀ ਪਿਸਤੌਲ ਕਿੱਥੋਂ ਲੈ ਕੇ ਆਇਆ ਸੀ | ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |