ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 39 ਵਿਚ ਦੋ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਇੱਕ ਘਰ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ | ਪੁਲਿਸ ਵੱਲੋਂ ਇਸ ਸਬੰਧੀ ਕਾਰੋਬਾਰੀ ਜਗਦੀਸ਼ ਸ਼ਰਮਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਤੇ ਉਸਦੀ ਪਤਨੀ ਅਤੇ ਉਸਦੀ ਸੱਸ ਘਰ ਵਿਚ ਹਾਜ਼ਰ ਸਨ ਕਿ ਇਸ ਦੌਰਾਨ ਦੋ ਲੁਟੇਰੇ ਉਨ੍ਹਾਂ ਦੇ ਘਰ ਵਿਚ ਆਏ ਅਤੇ ਉਸਦੀ ਸੱਸ ਦਾ ਇਲਾਜ ਕਰਨ ਦੇ ਬਹਾਨੇ ਉਨ੍ਹਾਂ ਨੂੰ ਚਾਹ ਵਿਚ ਕੋਈ ਨਸ਼ੀਲੀ ਦਵਾਈ ਪਾ ਦਿੱਤੀ, ਜਿਸ ਕਾਰਨ ਉਹ ਬੇਹੋਸ਼ ਹੋ ਗਏ ਅਤੇ ਬਾਅਦ ਵਿਚ ਇਹ ਲੁਟੇਰੇ ਘਰ ਵਿਚ ਇਹ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ | ਪੁਲਿਸ ਵੱਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵੱਲੋਂ ਲੁਟੇਰਿਆਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |