ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਸਬ-ਰਜਿਸਟਰਾਰ ਦਫ਼ਤਰ ਪੱਛਮੀ ਵਿਚ ਤੈਨਾਤ ਪਟਵਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਟਵਾਰੀ ਪਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੇਜਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਸ਼ਿਮਲਾਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦਫ਼ਤਰ ਵਿਚ ਬੈਠਾ ਸੀ ਕਿ ਉਕਤ ਕਥਿਤ ਦੋਸ਼ੀ ਉੱਥੇ ਆਇਆ ਤੇ ਪਿੰਡ ਲਾਦੀਆਂ ਕਲਾਂ ਦਾ ਰਿਕਾਰਡ ਦਿਖਾਉਣ ਲਈ ਕਿਹਾ, ਜਦੋਂ ਉਸ ਨੂੰ ਇੰਤਜ਼ਾਰ ਕਰਨ ਲਈ ਕਿਹਾ ਗਿਆ ਤਾਂ ਕਥਿਤ ਦੋਸ਼ੀ ਤੈਸ਼ ਵਿਚ ਆ ਗਿਆ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਕਥਿਤ ਦੋਸ਼ੀ ਵਲੋਂ ਉਸ ਦੇ ਰਜਿਸਟਰ ਦੇ ਕੁੱਝ ਪੰਨੇ ਵੀ ਪਾੜ ਦਿੱਤੇ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |