ਲੁਧਿਆਣਾ, 7 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅਸਲੇ ਦਾ ਲਾਇਸੰਸ ਬਣਾਉਣ ਦੀ ਫਾਈਲ ਵਿਚ ਨਕਲੀ ਡੋਪ ਟੈੱਸਟ ਰਿਪੋਰਟ ਲਗਾਉਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਪੁਲਿਸ ਕਮਿਸ਼ਨਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਪਿ੍ੰਸ ਸਿੰਘ ਅਤੇ ਹਰਪਿੰਦਰ ਸਿੰਘ ਵਾਸੀ ਛਾਉਣੀ ਮੁਹੱਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਆਪਣਾ ਅਸਲੇ ਦਾ ਲਾਇਸੰਸ ਬਣਾਉਣ ਲਈ ਨਕਲੀ ਡੋਪ ਟੈੱਸਟ ਰਿਪੋਰਟ ਲਗਾ ਦਿੱਤੀ | ਪਤਾ ਲੱਗਣ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਉਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਤੁਰੰਤ ਸੰਬੰਧਿਤ ਅਧਿਕਾਰੀ ਨੂੰ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢