ਲੁਧਿਆਣਾ, 7 ਨਵੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਸਾਹਮਣੇ ਨਾਨ ਟੀਚਿੰਗ ਕਰਮਚਾਰੀ ਯੂਨੀਅਨ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ਟੀਚਿੰਗ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪਹੁੰਚ ਕੇ ਰੋਸ ਜਤਾਇਆ ਗਿਆ | ਨਾਨ ਟੀਚਿੰਗ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਪਾਸੋਂ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਦੀ ਗਰਾਂਟ ਅਤੇ ਸੱਤ ਮਹੀਨੇ ਤੋਂ ਪੈਨਸ਼ਨ ਦੇ ਗਰਾਂਟ ਜਾਰੀ ਨਹੀਂ ਕੀਤੀ ਗਈ, ਜਿਸ ਦੇ ਕਾਰਨ ਸਾਰੇ ਕਰਮਚਾਰੀਆਂ ਦੀਆਂ ਤਨਖਾਹ ਅਤੇ ਪੈਨਸ਼ਨਾਂ ਰੁਕ ਗਈਆਂ ਹਨ | ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ | ਯੂਨੀਵਰਸਿਟੀ ਦੀ ਗਰਾਂਟ ਜਾਰੀ ਕਰਵਾਉਣ ਦੇ ਸੰਬੰਧ ਵਿੱਚ ਨਾਨ ਟੀਚਿੰਗ ਕਰਮਚਾਰੀ ਯੂਨੀਅਨ ਅਤੇ ਟੀਚਿੰਗ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ, ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਹੋਰ ਕਈ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੂੰ ਬੇਨਤੀ ਪੱਤਰ ਸੌਂਪੇ ਗਏ ਹਨ | ਪਰ ਫਿਰ ਵੀ ਹਜੇ ਤੱਕ ਗਰਾਂਟ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਬੋਲਦੇ ਆ ਕਿਹਾ ਕਿ ਜਲਦ ਤੋਂ ਜਲਦ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਅਤੇ ਪੈਨਸ਼ਨ ਮਿਲ ਸਕੇ |