ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਅਦੁੱਤੀ ਲਾਸਾਨੀ ਮਹਾਨ ਸ਼ਹਾਦਤ 'ਧਰਮ ਹੇਤ ਸਾਕਾ ਜਿਨਿ ਕੀਆ, ਸੀਸ ਦੀਆ ਪਰ ਸਿਰ ਨਾ ਦੀਆ' ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰਖਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਸ਼ਾਮ 6.00 ਵਜੇ ਤੋਂ ਰਾਤ 10.00 ਵਜੇ ਤੱਕ ਕਰਵਾਏ ਗਏ | ਇਨ੍ਹਾਂ ਸਮਾਗਮਾਂ ਵਿਚ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜਥਾ, ਭਾਈ ਦਵਿੰਦਰ ਸਿੰਘ ਦੇ ਜੱਥੇ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਜਰਨੈਲ ਸਿੰਘ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਹਰਕੀਰਤ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਸ਼ਰਨ ਸਿੰਘ ਪਾਹਵਾ, ਜਸਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਮਨ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ | ਸਟੇਜ ਦੀ ਸੇਵਾ ਤੇਜਿੰਦਰਪਾਲ ਸਿੰਘ ਨੇ ਨਿਭਾਈ |