ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਭਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਟੀਮਾਂ ਸ਼ਹਿਰ ਵਿਚ ਨਿਯਮਤ ਤੌਰ 'ਤੇ ਰਾਤ ਦੀ ਗਸ਼ਤ ਕਰ ਰਹੀਆਂ ਹਨ | ਉਲੰਘਣਾ ਕਰਨ ਵਾਲਿਆਂ ਦੁਆਲੇ ਸ਼ਿਕੰਜਾ ਕੱਸਦੇ ਹੋਏ ਪਿਛਲੇ ਦੋ ਦਿਨਾਂ ਵਿਚ ਖੁੱਲ੍ਹੇ 'ਚ ਕੂੜਾ ਸੁੱਟਦੇ ਫੜੇ ਗਏ 42 ਉਲੰਘਣਾ ਕਰਨ ਵਾਲਿਆਂ ਦੇ ਭਾਰੀ ਚਲਾਨ ਕੀਤੇ ਗਏ ਹਨ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਟੀਮਾਂ ਨੂੰ ਦਿਨ ਰਾਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ | ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਰਾਤ ਦੀ ਗਸ਼ਤ ਕਰਨ ਵਾਲੀਆਂ ਟੀਮਾਂ ਨੇ ਦੁੱਗਰੀ ਰੋਡ, ਦੁੱਗਰੀ ਨਹਿਰ ਪੁਲ ਨੇੜੇ ਮਰਾਠਾ ਪੁਆਇੰਟ, ਮਾਡਲ ਟਾਊਨ ਐਕਸਟੈਨਸ਼ਨ ਵਿਚ ਕਿ੍ਸ਼ਨਾ ਮੰਦਰ ਨੇੜੇ ਅਤੇ ਹੋਰ ਇਲਾਕਿਆਂ ਵਿਚ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ | ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿਚ ਨਿਯਮਤ ਤੌਰ 'ਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ, ਪਰ ਉਨ੍ਹਾਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਕਿਉਂਕਿ ਵਸਨੀਕ ਅਜੇ ਵੀ ਖੁੱਲ੍ਹੇ ਵਿਚ ਕੂੜਾ ਸੁੱਟ ਰਹੇ ਹਨ | ਇਸ ਦੌਰਾਨ ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿਚ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿਚ ਅਧਿਕਾਰੀਆਂ ਦਾ ਸਮਰਥਨ ਕਰਨ | ਉਨ੍ਹਾਂ ਕਿਹਾ ਕਿ ਕੂੜਾ ਸਾੜਨ ਅਤੇ ਖੁੱਲ੍ਹੇ ਵਿਚ ਸੁੱਟਣ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ |