ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਦੇ ਅੰਦਰ ਪੈਂਦੇ ਇਲਾਕੇ ਅਰਬਨ ਅਸਟੇਟ ਵਿਚ ਸਥਿਤ ਇਕ ਮੰਦਰ ਵਿਚ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੰਦਰ ਦੇ ਪ੍ਰਬੰਧਕ ਸੁਰਿੰਦਰ ਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਸਵੇਰੇ ਜਦੋਂ ਪੁਜਾਰੀ ਨੇ ਮੰਦਿਰ ਖੋਲਿ੍ਹਆ ਤਾਂ ਉਥੇ ਭਗਵਾਨ ਸ਼ਿਵ ਅਤੇ ਨੰਦੀ ਦੀਆਂ ਮੂਰਤੀਆਂ ਦੀ ਬੇਅਦਬੀ ਕੀਤੀ ਹੋਈ ਸੀ, ਜਿਸ 'ਤੇ ਪੁਲਿਸ ਪਾਸ ਇਹ ਮਾਮਲਾ ਦਰਜ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਸੀ.ਸੀ. ਟੀਵੀ ਕੈਮਰੇ ਦੀ ਚੈਕਿੰਗ ਕੀਤੀ ਤਾਂ ਅੱਧੀ ਰਾਤ ਨੂੰ ਇਕ ਵਿਅਕਤੀ ਵਲੋਂ ਅਜਿਹਾ ਕੀਤਾ ਜਾ ਰਿਹਾ ਸੀ, ਜੋ ਕਿ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿਚ ਲੈ ਰਹੀ ਹੈ, ਪਰ ਹਾਲ ਦੀ ਘੜੀ ਦੋਸ਼ੀ ਦਾ ਪਤਾ ਨਹੀਂ ਲੱਗਾ ਹੈ |