ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਰੋਸਟਲ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਬਲਰਾਮ ਸਿੰਘ ਪੁੱਤਰ ਕ੍ਰਿਸ਼ਨ ਸਿੰਘ, ਸੋਹਲ ਕੁਮਾਰ, ਸੁਮੀਤ ਅਤੇ ਅਜੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਨ੍ਹਾਂ ਨੇ ਬਰੋਸਟਰ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਇਹਨਾਂ ਬੰਦੀਆਂ ਪਾਸੋਂ 128 ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ, ਜਿਸ 'ਤੇ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਇਕ ਹੋਰ ਅਜਿਹੇ ਮਾਮਲੇ ਵਿਚ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਬੰਦੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਕਰ ਰਹੇ ਸਨ ਤਾਂ ਜੇਲ੍ਹ ਵਿਚੋਂ ਇਕ ਮੋਬਾਈਲ ਬਰਾਮਦ ਕੀਤਾ ਗਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਚੀਜ਼ਾਂ ਕਿਸ ਤਰੀਕੇ ਨਾਲ ਪਹੁੰਚਾਈਆਂ ਗਈਆਂ ਸਨ¢ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |