ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਨਾਲ, 137 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ | ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ | ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 386 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 405 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ |