ਚੰਡੀਗੜ੍ਹ, 17 ਜੁਲਾਈ (ਅਜਾਇਬ ਸਿੰਘ ਔਜਲਾ)-ਆਲਮੀ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਿਛਲੇ ਲਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ ਜੋ ਕਿ ਬੀਤੀ 7 ਮਈ ਨੂੰ ਪਹਿਲਗਾਮ ਹਮਲੇ ਅਤੇ ਸਰਹੱਦ 'ਤੇ ਪੈਦਾ ਹੋਏ ਤਣਾਅ ਕਾਰਨ ਭਾਰਤ ਵਲੋਂ ਬੰਦ ਕਰ ਦਿੱਤਾ ਗਿਆ ਹੈ | ਜੀ.ਐੱਸ.ਸੀ. ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਲੋਂ ਇਕਤਰਫ਼ਾ ਤੇ ਅਨਿਸ਼ਚਿਤ ਸਮੇਂ ਲਈ ਯਾਤਰਾ ਰੋਕ ਦੇਣ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਜਦਕਿ ਪਾਕਿਸਤਾਨ ਨੇ ਆਪਣੇ ਪਾਸੇ ਦਾ ਲਾਂਘਾ ਖੁੱਲ੍ਹਾ ਰੱਖਿਆ ਹੋਇਆ ਹੈ | ਭਾਰਤ ਸਰਕਾਰ ਵੱਲੋਂ ਇਹ ਕੋਰੀਡੋਰ ਬੰਦ ਰੱਖਣ ਕਾਰਨ ਦੇਸ਼-ਵਿਦੇਸ਼ੋਂ ਹਜ਼ਾਰਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਅਤੇ ਸ੍ਰੀ ਗੁਰੂ ਨਾਨਕ ਜੀ ਦੇ ਅਖੀਰਲੇ ਸਮੇਂ ਦੇ ਤਪ ਸਥਾਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਦੀਦਾਰੇ ਕਰਨ ਤੋਂ ਵਾਂਝੇ ਹਨ |