ਐੱਸ. ਏ. ਐੱਸ. ਨਗਰ, 17 ਜੁਲਾਈ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਲਈ 21 ਜੁਲਾਈ ਨੂੰ ਗਮਾਡਾ ਦੇ ਮੁੱਖ ਦਫ਼ਤਰ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇੱਥੇ ਹੋਣ ਵਾਲੇ ਲਾਮਿਸਾਲ ਇਕੱਠ ਨਾਲ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਕਿਸਾਨ ਵਿਰੋਧੀ ਪਾਲਿਸੀ ਵਿਰੁੱਧ ਲੋਕਾਂ ਵਿਚ ਭਾਰੀ ਰੋਹ ਤੇ ਰੋਸ ਹੋਣ ਕਾਰਨ ਉਹ ਬਹੁਤ ਵੱਡੀ ਗਿਣਤੀ ਵਿਚ ਇਸ ਧਰਨੇ ਵਿਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਧਰਨੇ ਦੇ ਸੰਬੰਧ ਵਿਚ ਪਿਛਲੇ ਤਿੰਨ ਦਿਨਾਂ ਤੋਂ ਪਿੰਡਾਂ ਦੇ ਕੀਤੇ ਜਾ ਰਹੇ ਦੌਰਿਆਂ ਦੌਰਾਨ ਉਨ੍ਹਾਂ ਮਹਿਸੂਸ ਕੀਤਾ ਕਿ ਜ਼ਮੀਨ ਮਾਲਕ ਖਾਸ ਕਰਕੇ ਛੋਟੇ ਕਿਸਾਨ ਇਸ ਪਾਲਿਸੀ ਨੂੰ ਰੱਦ ਕਰਵਾਉਣ ਲਈ ਜ਼ਿੰਦਗੀ ਤੇ ਮੌਤ ਦੀ ਲੜਾਈ ਸਮਝ ਕੇ ਲੜਨ ਦੇ ਰੌਂਅ ਵਿਚ ਹਨ ਕਿਉਂਕਿ ਉਨ੍ਹਾਂ ਨੂੰ ਇਹ ਸਮਝ ਲੱਗ ਗਈ ਹੈ ਕਿ ਇਹ ਪਾਲਿਸੀ ਉਨ੍ਹਾਂ ਨੂੰ ਘਸਿਆਰੇ ਬਣਾ ਦੇਵੇਗੀ | ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਜਿਹੜੇ ਵੀ ਪਿੰਡ ਵਿਚ ਗਏ, ਉਸ ਪਿੰਡ ਦੇ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਿਲ ਹੋਣਗੇ |