ਮਾਜਰੀ, 17 ਜੁਲਾਈ (ਕੁਲਵੰਤ ਸਿੰਘ ਧੀਮਾਨ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਵੱਡੇ ਪੱਧਰ 'ਤੇ ਹੋ ਰਹੀ ਮਿਲਾਵਟ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਤੁਰੰਤ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ | ਇਸ ਪੱਤਰ ਦਾ ਉਤਾਰਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਪੰਜਾਬ ਨੂੰ ਵੀ ਭੇਜਿਆ ਗਿਆ ਹੈ | ਸਾਬਕਾ ਮੰਤਰੀ ਕੰਗ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਅੱਜ-ਕੱਲ੍ਹ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਦੁੱਧ, ਪਨੀਰ, ਖੋਆ, ਮਠਿਆਈਆਂ, ਤੇਲ ਤੇ ਇੱਥੋਂ ਤੱਕ ਕਿ ਦਵਾਈਆਂ ਵਰਗੀਆਂ ਜ਼ਰੂਰੀ ਵਸਤੂਆਂ ਵਿਚ ਵੀ ਸ਼ਰ੍ਹੇਆਮ ਮਿਲਾਵਟ ਹੋ ਰਹੀ ਹੈ | ਉਨ੍ਹਾਂ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦੁੱਧ ਦਾ ਉਤਪਾਦਨ ਓਨਾ ਨਹੀਂ ਹੈ, ਜਿੰਨਾ ਕਿ ਬਾਜ਼ਾਰ ਵਿਚ ਵਿਕ ਰਿਹਾ ਹੈ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਵੱਡੀ ਮਾਤਰਾ ਵਿਚ ਕੈਮੀਕਲਾਂ ਆਦਿ ਨਾਲ ਨਕਲੀ ਦੁੱਧ ਤਿਆਰ ਕਰਕੇ ਬਾਜ਼ਾਰ ਵਿਚ ਵੇਚਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਦੀ ਗੰਭੀਰ ਸਮੱਸਿਆ ਮਾਨ ਸਰਕਾਰ ਦੇ ਮੱਥੇ 'ਤੇ ਕਲੰਕ ਹੈ | ਉਨ੍ਹਾਂ ਕਿਹਾ ਕਿ ਇਹ ਮਿਲਾਵਟਖੋਰੀ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਲਈ ਬਹੁਤ ਹਾਨੀਕਾਰਕ ਹੈ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੇ ਅਧਿਕਾਰੀਆਂ ਨੂੰ ਮਿਲਾਵਟਖੋਰੀ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਮਠਿਆਈਆਂ ਦੀਆਂ ਦੁਕਾਨਾਂ 'ਤੇ ਮਿਲਾਵਟੀ ਖੋਏ ਨਾਲ ਤਿਆਰ ਹੋਣ ਵਾਲੀ ਮਠਿਆਈ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ |