ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜਾਰੀ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫ਼ੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ | ਇਹ ਅਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਇਕੋ ਸਮੇਂ ਚਲਾਇਆ ਗਿਆ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ | ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ | ਸਪੈਸ਼ਲ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ ਸੂਬੇ ਭਰ 'ਚ 81 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ |