ਖਰੜ, 18 ਜੁਲਾਈ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੰਨੀ ਇਨਕਲੇਵ ਖਰੜ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਜੀਤੀ ਪਡਿਆਲਾ ਨੇ ਪੁਨੀਤ ਬੇਦੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਸਕੱਤਰ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਵੀ ਸੌਂਪਿਆ | ਉਨ੍ਹਾਂ ਕਿਹਾ ਕਿ ਪੁਨੀਤ ਬੇਦੀ ਨੂੰ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸਮਾਜ ਸੇਵਾ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਦੇ ਆਧਾਰ 'ਤੇ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਦੌਰਾਨ ਪੁਨੀਤ ਬੇਦੀ ਨੇ ਇਸ ਨਿਯੁਕਤੀ ਲਈ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੈਪਟਨ ਮੁਕੰਦ ਸਿੰਘ, ਰਜਿੰਦਰ ਸਿੰਘ ਬੱਬੂ, ਗੁਰਿੰਦਰ ਸਿੰਘ, ਡਾ. ਕਰਮਜੀਤ ਸਿੰਘ ਝਿੰਗੜਾਂ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਗੋਪਾਲ ਸਿੰਘ, ਗਿਆਨ ਚੰਦ ਸ਼ਰਮਾ ਅਤੇ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ |