ਖਰੜ, 19 ਜੁਲਾਈ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੀਨੀਅਰ ਆਗੂ ਮੇਹਰ ਸਿੰਘ ਥੇੜੀ ਅਤੇ ਹਕੀਕਤ ਸਿੰਘ ਘੜੂੰਆਂ ਨੇ ਕਿਹਾ ਕਿ ਖੇਤਰ 'ਚ ਝੋਨੇ ਦੀ ਫ਼ਸਲ 'ਤੇ ਮਧਰੇਪਣ ਵਾਇਰਸ ਦਾ ਵੱਡਾ ਹਮਲਾ ਹੋਣ ਕਾਰਨ ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਬੂਟਿਆਂ ਨੂੰ ਕੋਈ ਮੁੰਜਰ/ਦਾਣਾ ਨਹੀਂ ਲੱਗਦਾ ਤਾਂ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ 2022 ਵਿਚ ਇਹ ਬਿਮਾਰੀ ਵੱਡੇ ਪੱਧਰ 'ਤੇ ਆਈ ਸੀ ਅਤੇ ਉਸ ਸਮੇਂ ਵੀ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਗਿਆਨੀਆਂ ਨੇ ਇਸ ਬਿਮਾਰੀ ਦਾ ਕੋਈ ਪੁਖਤਾ ਇਲਾਜ ਨਹੀਂ ਲੱਭਿਆ, ਜਿਸ ਕਾਰਨ ਕਿਸਾਨ ਬੁਰੀ ਤਰ੍ਹਾਂ ਘਬਰਾ ਗਿਆ ਸੀ | ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਵੱਲ ਤੁਰੰਤ ਧਿਆਨ ਦੇਣ ਅਤੇ ਖੇਤਰ ਦੇ ਪਿੰਡਾਂ ਵਿਚ ਡਾਕਟਰਾਂ ਦੀਆਂ ਟੀਮਾਂ ਭੇਜ ਕੇ ਨਿਰੀਖਣ ਕਰਵਾਇਆ ਜਾਵੇ |