ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ 250ਵੇਂ ਦਿਨ ਪੰਜਾਬ ਪੁਲਿਸ ਨੇ 276 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 65 ਐਫ. ਆਈ. ਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ | ਇਸ ਨਾਲ 250 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,519 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 2.4 ਕਿੱਲੋ ਹੈਰੋਇਨ, 6 ਕਿੱਲੋ ਭੁੱਕੀ, 9853 ਨਸ਼ੀਲੀਆਂ ਗੋਲੀਆਂ ਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਆਪ੍ਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 276 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 315 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਅੱਜ 9 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |