ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 92 ਐਫ.ਆਈ.ਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ, 263 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ | ਇਸ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਸੂਬਾ ਸਰਕਾਰ ਵਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |