ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ | ਕੈਂਪ ਦਾ ਆਗਾਜ਼ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਖ਼ੁਦ ਖ਼ੂਨਦਾਨ ਕਰਕੇ ਕਰਵਾਇਆ | ਇਸ ਮੌਕੇ ਉਨ੍ਹਾਂ ਜਿਥੇ ਖ਼ੂਨਦਾਨ ਕਰਨ ਵਾਲੇ ਮੁਲਾਜ਼ਮਾਂ ਦੀ ਹੌਸਲਾ ਅਫਜਾਈ ਕੀਤੀ, ਉਥੇ ਹੀ ਖ਼ੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਕਰਨ ਸਮੇਤ ਸਰਟੀਫ਼ਿਕੇਟ ਵੀ ਵੰਡੇ ਗਏ | ਕੈਂਪ ਦੌਰਾਨ ਬੋਰਡ ਕਰਮਚਾਰੀਆਂ ਤੋਂ ਇਲਾਵਾ ਕੁਝ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਤੇ ਆਮ ਲੋਕਾਂ ਵਲੋਂ ਵੀ ਖ਼ੂਨਦਾਨ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜ਼ਦਾ ਕੀਤਾ | ਕੈਂਪ ਨੂੰ ਸਫ਼ਲ ਬਣਾਉਣ 'ਚ ਡਾ. ਰਵਨੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ਚੰਡੀਗੜ੍ਹ ਤੋਂ ਆਈ ਟੀਮ ਵਲੋਂ ਭਰਪੂਰ ਸਹਿਯੋਗ ਦਿੱਤਾ |