ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਸੰਸਥਾਪਕ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਦੀ ਅਗਵਾਈ ਹੇਠ ਹੋਈ ਅਤੇ ਆਗੂਆਂ ਨੇ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਗੱਲਬਾਤ ਸਾਂਝੀ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ 4 ਸਾਲ ਦੇ ਕਰੀਬ ਹੋ ਗਏ ਹਨ ਟਰਾਂਸਪੋਰਟ ਵਿਚ ਕਿ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ 50 ਤੋਂ 60 ਮੀਟਿੰਗ ਯੂਨੀਅਨ ਨੇ ਸੰਘਰਸ਼ ਕਰਕੇ ਪ੍ਰਾਪਤ ਕੀਤੀਆਂ ਸੀ ਜਿਨ੍ਹਾਂ 'ਚੋਂ 2 ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਹੋਈ ਅਤੇ ਟਰਾਂਸਪੋਰਟ ਮੰਤਰੀ ਤੇ ਟਰਾਂਸਪੋਰਟ ਸਕੱਤਰ ਪੰਜਾਬ ਦੇ ਨਾਲ ਵਾਰ-ਵਾਰ ਮੀਟਿੰਗਾਂ ਹੋਈਆਂ ਹਰ ਵਾਰ ਕਿਹਾ ਜਾਂਦਾ ਹੈ ਕਿ 15 ਦਿਨ 'ਚ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਜਾਂ 1 ਮਹੀਨੇ 'ਚ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ | ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਪੰਨੂੰ, ਜੁਆਇੰਟ ਸਕੱਤਰ ਜੋਧ ਸਿੰਘ, ਦਫ਼ਤਰੀ ਸਕੱਤਰ ਰੋਹੀ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਸੱਤਾ 'ਚ ਆਉਣਾ ਤੋ ਪਹਿਲਾਂ ਵਾਅਦੇ ਕਰਦੀ ਸੀ ਉਹ ਬਿਲਕੁਲ ਹੀ ਝੂਠੇ ਜਾਪਦੇ ਹਨ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਹੀਂ ਕੀਤਾ ਜਾਂ ਸਰਕਾਰ ਕਿਲੋਮੀਟਰ ਸਕੀਮ ਦਾ ਟੈਂਡਰ ਲੈ ਕੇ ਆਉਂਦੀ ਹੈ ਤਾਂ 28 ਨਵੰਬਰ ਨੂੰ ਗੇਟ ਰੈਲੀਆਂ ਕਰਕੇ ਤੁਰੰਤ ਬੰਦ ਕੀਤਾ ਜਾਵੇਗਾ | ਇਸ ਤਰ੍ਹਾ 2 ਦਸੰਬਰ ਨੂੰ 11 ਵਜੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਜੇਕਰ ਪੀ. ਆਰ. ਟੀ. ਸੀ. ਮੈਨੇਜਮੈਂਟ ਟੈਂਡਰ ਖੋਲ੍ਹਦੀ ਹੈ ਤਾਂ ਤੁਰੰਤ ਬੰਦ ਕੀਤਾ ਜਾਵੇਗਾ ਇਸ ਤੋਂ ਇਲਾਵਾ ਸਰਕਾਰ ਮੰਗਾ ਦਾ ਹੱਲ ਨਹੀਂ ਕਰਦੀ ਤਾਂ 8, 9, 10 ਦਸੰਬਰ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ | ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਤੇ ਚੇਅਰਮੈਨ ਪੀ. ਆਰ. ਟੀ. ਸੀ. ਦੀ ਰਹਾਇਸ਼ 'ਤੇ ਪੱਕਾ ਧਰਨਾ ਦਿੱਤਾ ਜਾਵੇਗਾ |