ਮਾਜਰੀ, 20 ਨਵੰਬਰ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਮੁਹਾਲੀ ਦੇ ਵਿਧਾਨ ਸਭਾ ਹਲਕਾ ਖਰੜ ਦੀ ਕਾਨੂੰਨਗੋਈ ਖਿਜ਼ਰਾਬਾਦ ਤੇ ਬਲਾਕ ਮਾਜਰੀ ਦੇ ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਦੇ ਸਰਕਾਰ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ 'ਤੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਾਰ-ਵਾਰ ਲੋਕ ਵਿਰੋਧੀ ਫ਼ੈਸਲੇ ਲੈ ਕੇ ਪੰਜਾਬੀਆਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ, ਜਿਸ ਦਾ ਬਲਾਕ ਮਾਜਰੀ ਖੇਤਰ ਦੇ ਲੋਕਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 'ਆਪ' ਸਰਕਾਰ ਨੇ ਇਹ ਲੋਕ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਜਾਬ ਵਾਸੀਆਂ ਨਾਲ ਚਟਾਨ ਵਾਂਗ ਖੜ੍ਹਦਾ ਆ ਰਿਹਾ ਹੈ ਤੇ ਕਿਸੇ ਵੀ ਲੋਕ-ਵਿਰੋਧੀ ਫ਼ੈਸਲੇ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ |