ਐੱਸ. ਏ. ਐੱਸ. ਨਗਰ, 3 ਦਸੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅਵਾਰਾ ਕੁੱਤਿਆਂ ਦੇ ਦਿਨੋਂ ਦਿਨ ਗੰਭੀਰ ਹੁੰਦੇ ਜਾ ਰਹੇ ਮਸਲੇ ਨੂੰ ਮੁੱਖ ਰੱਖਦਿਆਂ ਡੌਗ ਸ਼ੈਲਟਰ ਦੀ ਤੁਰੰਤ ਸਥਾਪਨਾ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ 7 ਜਨਵਰੀ ਤੱਕ ਸ਼ੈਲਟਰ ਹਾਸਿਲ ਕਰਨ ਸੰਬੰਧੀ ਦਿੱਤੇ ਗਏ ਹੁਕਮਾਂ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਤਾਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਪਰ ਮੁਹਾਲੀ ਪ੍ਰਸ਼ਾਸਨ ਅਜੇ ਵੀ ਪਛੜਿਆ ਦਿਖਾਈ ਦੇ ਰਿਹਾ ਹੈ | ਇਸ ਸੰਬੰਧ 'ਚ ਉਨ੍ਹਾਂ ਡਿਪਟੀ ਕਮਿਸ਼ਨਰ ਮੁਹਾਲੀ, ਮੁੱਖ ਸਕੱਤਰ ਪੰਜਾਬ ਅਤੇ ਗਮਾਡਾ ਦੇ ਸੀ. ਏ. ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ | ਡਿਪਟੀ ਮੇਅਰ ਬੇਦੀ ਨੇ ਸਪੱਸ਼ਟ ਕੀਤਾ ਕਿ ਮੁਹਾਲੀ 'ਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ | ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਕੰਮ 'ਤੇ ਜਾਣ ਵਾਲੇ ਵਿਅਕਤੀਆਂ 'ਚ ਅਵਾਰਾ ਕੁੱਤਿਆਂ ਨੂੰ ਲੈ ਕੇ ਡਰ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਕੋਲ ਕੋਈ ਜ਼ਮੀਨ ਨਹੀਂ ਹੈ ਕਿਉਂਕਿ ਜ਼ਿਆਦਾਤਰ ਜ਼ਮੀਨ ਗਮਾਡਾ ਦੇ ਅਧੀਨ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਨੂੰ ਹਾਈ ਕੋਰਟ 'ਚ ਵੀ ਉਠਾਇਆ ਸੀ | ਉਨ੍ਹਾਂ ਕਿਹਾ ਕਿ ਹੁਣ ਗਾਈਡ ਲਾਈਨਾਂ ਮੁਤਾਬਿਕ ਜਗ੍ਹਾ ਦੇਣ ਅਤੇ ਸ਼ੈਲਟਰ ਬਣਾਉਣ 'ਚ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਬੇਦੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਲਾਗੂ ਕਰਨ ਵਾਲੀ ਮਸ਼ੀਨਰੀ ਵਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ | ਉਨ੍ਹਾਂ ਆਸ ਪ੍ਰਗਟਾਈ ਕਿ ਪੱਤਰ ਰਾਹੀਂ ਕੀਤੀ ਗਈ ਇਹ ਬੇਨਤੀ ਸਰਕਾਰ ਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਪ੍ਰੇਰਿਤ ਕਰੇਗੀ ਤਾਂ ਜੋ ਮੁਹਾਲੀ ਪ੍ਰਸ਼ਾਸਨ ਵੀ ਚੰਡੀਗੜ੍ਹ ਪ੍ਰਸ਼ਾਸਨ ਵਾਂਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸਮੇਂ ਸਿਰ ਪੂਰਾ ਕਰ ਸਕੇ |