ਲਾਲੜੂ, 8 ਦਸੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਸੰਬੰਧ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਫ਼ੰਡ ਇਕੱਠਾ ਕਰਕੇ ਸ਼ਹੀਦਾਂ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਦਿਵਸ ਦਾ ਮੁੱਖ ਮਨੋਰਥ ਦੇਸ਼ ਦੀ ਰਾਖੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਨਾ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਤੇ ਜ਼ਖ਼ਮੀ ਸਾਬਕਾ ਸੈਨਿਕਾਂ ਨਾਲ ਇਕਜੁੱਟਤਾ ਪ੍ਰਗਟਾਉਣਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਰੱਖਿਆ ਕਰ ਰਹੇ ਜਵਾਨਾਂ ਦੀ ਭਲਾਈ ਲਈ ਇਸ ਤਰ੍ਹਾਂ ਦੀ ਮਾਲੀ ਮਦਦ ਜ਼ਰੂਰ ਦੇਣੀ ਚਾਹੀਦੀ ਹੈ, ਜਿਸ ਨਾਲ ਜਿਥੇ ਸਾਡਾ ਦਿੱਤਾ ਦਾਨ ਵੀ ਸਹੀ ਥਾਂ ਉੱਤੇ ਲੱਗਦਾ ਹੈ ਤੇ ਦੇਸ਼ ਦੀ ਰੱਖਿਆ ਕਰ ਰਹੇ ਫ਼ੌਜੀਆਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਵੀ ਹੋ ਜਾਂਦੀ ਹੈ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾ ਦਾ ਇਕ-ਇਕ ਝੰਡੇ ਵਾਲਾ ਸਟਿੱਕਰ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਸਮੇਤ ਸਮੁੱਚੇ ਅਧਿਆਪਕ ਵੀ ਹਾਜ਼ਰ ਸਨ |