ਲਾਲੜੂ, 8 ਦਸੰਬਰ (ਰਾਜਬੀਰ ਸਿੰਘ)-ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ 'ਚ ਸ਼ਮੂਲੀਅਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਸੈਣੀ ਵਲੋਂ ਜਿਥੇ ਲਾਲੜੂ ਖੇਤਰ 'ਚ ਭਾਜਪਾ ਦੇ ਪੱਖ 'ਚ ਭਰਵੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਉਨ੍ਹਾਂ ਵਲੋਂ ਵੱਡੀ ਗਿਣਤੀ ਲੋਕਾਂ ਨੂੰ ਭਾਜਪਾ ਵਿਚ ਸ਼ਾਮਿਲ ਕਰਵਾ ਕੇ ਕੇਂਦਰੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਮੀਰਪੁਰਾ 'ਚ ਬਲਾਕ ਸੰਮਤੀ ਬਸੌਲੀ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੀਰਪੁਰ ਤੋਂ ਮਨੀਸ਼, ਰਾਜੂ, ਰਾਹੁਲ, ਗੁਰਜਿੰਦਰ ਸਿੰਘ, ਜਸਪ੍ਰੀਤ, ਮਨਪ੍ਰੀਤ ਤੇ ਹੁਕਮ ਸਿੰਘ ਆਦਿ ਸਮੇਤ ਕਰੀਬ 75 ਵਿਅਕਤੀ ਭਾਜਪਾ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਜਿਥੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ, ਉਥੇ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾ ਕੇ ਲੋੜਵੰਦ ਲੋਕਾਂ ਨੂੰ ਆਰਥਿਕ ਤੌਰ 'ਤੇ ਸਮਰਥ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮੇਂ ਭਾਜਪਾ ਨੂੰ ਇਲਾਕੇ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਅਕਾਲੀ ਦਲ ਦੇ ਸਹਿਯੋਗ ਬਿਨਾਂ ਸਥਾਨਕ ਪੱਧਰ ਦੀਆਂ ਚੋਣਾਂ ਵਿਚ ਭਾਜਪਾ ਚੰਗੀ ਹਾਜ਼ਰੀ ਦਰਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਡੇਰਾਬੱਸੀ ਹਲਕੇ ਨੂੰ ਪੂਰੀ ਤਰ੍ਹਾਂ ਵਿਕਸਤ ਕਰਨਾ ਹੈ ਤਾਂ ਇਸ ਖੇਤਰ ਵਿਚ ਭਾਜਪਾ ਨੂੰ ਹੇਠਲੇ ਪੱਧਰ ਤੋਂ ਪੂਰੀ ਤਰ੍ਹਾਂ ਮਜ਼ਬੂਤ ਕਰਨਾ ਹੋਵੇਗਾ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਸ਼ੀਲ ਮਗਰਾ, ਰਾਜਪਾਲ ਰਾਣਾ, ਰਵਿੰਦਰ ਬਲਟਾਣਾ, ਗੁਲਜ਼ਾਰ ਸਿੰਘ ਟਿਵਾਣਾ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸੰਨਤ ਭਾਰਦਵਾਜ ਆਦਿ ਹਾਜ਼ਰ ਸਨ |