29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬਰਸਾਤੀ ਮੌਸਮ 'ਚ ਦੂਸ਼ਿਤ ਪਾਣੀ ਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ- ਸਿਵਲ ਸਰਜਨ

ਅਜੀਤ ਡੈਸਕ 15-07-2025
ਰੂਪਨਗਰ, 14 ਜੁਲਾਈ (ਯਸ਼ਵੰਤ ਬੱਸੀ)-ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਨੇ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਵਰਖਾ ਰੁੱਤ ਦੌਰਾਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫਾਇਡ, ਡਾਇਰੀਆ, ਪੀਲੀਆ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ | ਇਸੇ ਤਰ੍ਹਾਂ ਇਸ ਮੌਸਮ ਵਿਚ ਮੱਛਰਾਂ ਦੇ ਕੱਟਣ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ | ਇਨ੍ਹਾਂ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਜਾਗਰੂਕ ਹੋ ਕੇ ਸੁਚੇਤ ਰਹਿਣਾ ਚਾਹੀਦਾ ਹੈ | ਸਿਵਲ ਸਰਜਨ ਡਾ. ਬਲਵਿੰਦਰ ਕੌਰ ਨੇ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਕੇ ਸੁਚੇਤ ਰਹਿੰਦੇ ਹੋਏ ਸਿਹਤਮੰਦ ਰਿਹਾ ਜਾ ਸਕਦਾ ਹੈ | ਬਰਸਾਤੀ ਮੌਸਮ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵਿਚ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ ਅਜਿਹੇ ਵਿਚ ਘਰ 'ਚ ਤਿਆਰ ਕੀਤੇ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ, ਬਾਹਰੀ ਖਾਣੇ ਅਤੇ ਜੰਕ-ਫੂਡ ਤੋਂ ਪ੍ਰਹੇਜ ਕਰੋ | ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖੋ | ਪਾਣੀ ਉਬਾਲ ਕੇ ਪੀਓ ਜਾਂ ਫਿਰ ਪੀਣ ਲਈ ਫਿਲਟਰ ਕੀਤੇ ਹੋਏ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪੀਣ ਵਾਲੇ ਪਾਣੀ ਨੂੰ ਸਾਫ ਕਰਨ ਲਈ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਵਿਖੇ ਓ.ਆਰ.ਐੱਸ. ਕਾਰਨਰ ਵੀ ਬਣਾਏ ਗਏ ਹਨ ਜਿੱਥੇ ਓ.ਆਰ.ਐੱਸ. ਦਾ ਘੋਲ ਤਿਆਰ ਕਰਨ ਦੀ ਵਿਧੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਓ.ਆਰ. ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ | ਆਸ਼ਾ ਵਰਕਰਜ਼ ਵੱਲੋਂ ਵੀ ਘਰ-ਘਰ ਜਾ ਕੇ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ | ਸਿਵਲ ਸਰਜਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਮੱਛਰ ਦੇ ਕੱਟਣ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬੁਖਾਰ ਹੋਣ ਦਾ ਖਦਸ਼ਾ ਵੱਧ ਜਾਂਦਾ ਹੈ, ਇਸ ਲਈ ਆਪਣੇ ਘਰਾਂ ਅਤੇ ਕੰਮਕਾਜੀ ਸਥਾਨਾਂ ਦੇ ਆਲੇ-ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿਓ | ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ | ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿਚ ਖ਼ੂਨ ਦਾ ਵੱਗਣਾ ਆਦਿ ਦੇ ਲੱਛਣ ਦਿੱਸਣ ਤਾਂ ਇਹ ਡੇਂਗੂ ਬੁਖਾਰ ਹੋ ਸਕਦਾ ਹੈ | ਅਜਿਹੀ ਹਾਲਤ ਵਿਚ ਜਲਦ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਸੰਪਰਕ ਕਰਕੇ ਡਾਕਟਰੀ ਸਲਾਹ ਮੁਤਾਬਕ ਜਾਂਚ ਅਤੇ ਇਲਾਜ ਕਰਵਾਇਆ ਜਾਵੇ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਵੱਖ-ਵੱਖ ਸਥਾਨਾਂ 'ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਰੁਜ਼ਗਾਰ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।